ਚੰਡੀਗੜ੍ਹ ਤੋਂ ਪ੍ਰਤੀਨਿਧ ਡਾ. ਰਾਜਦਵਿੰਦਰ ਸਿੰਘ ਗਿੱਲ ਚੰਡੀਗੜ੍ਹ ਵਿੱਚ ਦਿਨ-ਦਿਹਾੜੇ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ ‘ਚ ਵੱਡਾ ਨਵਾਂ ਮੋੜ ਸਾਹਮਣੇ ਆਇਆ ਹੈ। ਤਾਜ਼ਾ ਜਾਣਕਾਰੀ ਅਨੁਸਾਰ ਇਸ ਕਤਲ ਦੀ ਜ਼ਿੰਮੇਵਾਰੀ ਗੈਂਗਸਟਰ ਲੱਕੀ ਪਟਿਆਲ ਵੱਲੋਂ ਸੋਸ਼ਲ ਮੀਡੀਆ ਰਾਹੀਂ ਲਈ ਗਈ ਹੈ।
ਇਹ ਦਿਲ ਦਹਲਾ ਦੇਣ ਵਾਲੀ ਵਾਰਦਾਤ ਚੰਡੀਗੜ੍ਹ ਦੇ ਸੈਕਟਰ-9 ਦੀ ਮਾਰਕੀਟ ਨੇੜੇ ਵਾਪਰੀ, ਜਿੱਥੇ ਜਿੰਮ ਤੋਂ ਬਾਹਰ ਨਿਕਲਦੇ ਹੀ ਨੌਜਵਾਨ ‘ਤੇ ਗੱਡੀ ‘ਚ ਆਏ ਹਮਲਾਵਰਾਂ ਵੱਲੋਂ ਤਾਬੜਤੋੜ ਗੋਲੀਆਂ ਚਲਾਈਆਂ ਗਈਆਂ।
ਮ੍ਰਿਤਕ ਦੀ ਪਛਾਣ ਚਰਨਪ੍ਰੀਤ ਸਿੰਘ (31) ਵਜੋਂ ਹੋਈ ਹੈ, ਜੋ ਮੁੱਲਾਂਪੁਰ (ਨਿਊ ਚੰਡੀਗੜ੍ਹ) ਦਾ ਰਹਿਣ ਵਾਲਾ ਸੀ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਅਤੇ ਪੁਲਿਸ ਨੇ ਤੁਰੰਤ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ।
ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਇਕ ਪੋਸਟ ਵਿੱਚ ਗੈਂਗਸਟਰ ਲੱਕੀ ਪਟਿਆਲ ਨੇ ਇਸ ਕਤਲ ਦੀ ਜ਼ਿੰਮੇਵਾਰੀ ਲੈਂਦਿਆਂ ਦਾਅਵਾ ਕੀਤਾ ਹੈ ਕਿ ਮ੍ਰਿਤਕ ਉਨ੍ਹਾਂ ਦੇ ਵਿਰੋਧੀਆਂ ਦਾ ਖ਼ਬਰੀ ਸੀ ਅਤੇ ਫ਼ਿਰੌਤੀਆਂ ਦੇ ਮਾਮਲਿਆਂ ਨਾਲ ਵੀ ਜੁੜਿਆ ਹੋਇਆ ਸੀ। ਇਸ ਤੋਂ ਇਲਾਵਾ ਉਸ ‘ਤੇ ਇਕ ਹੋਰ ਕਤਲ ਮਾਮਲੇ ਵਿੱਚ ਸ਼ਾਮਲ ਹੋਣ ਦੇ ਵੀ ਦੋਸ਼ ਲਗਾਏ ਗਏ ਹਨ।
ਹਾਲਾਂਕਿ ਇਸ ਵਾਇਰਲ ਪੋਸਟ ਦੀ ਅਜੇ ਤੱਕ ਅਧਿਕਾਰਕ ਪੁਸ਼ਟੀ ਨਹੀਂ ਹੋਈ ਅਤੇ ਪੁਲਿਸ ਵੱਲੋਂ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਜਲਦ ਹੀ ਸੱਚਾਈ ਸਾਹਮਣੇ ਲਿਆਂਦੀ ਜਾਵੇਗੀ ਅਤੇ ਦੋਸ਼ੀਆਂ ਨੂੰ ਕਾਬੂ ਕੀਤਾ ਜਾਵੇਗਾ







