ਅਮਰਕੋਟ/ਦੇਵ ਗਿੱਲ, 8 ਮਈ ਸਿਵਲ ਸਰਜਨ ਤਰਨਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਜੀ ਦੇ ਦਿਸ਼ਾ ਨਿਰਦੇਸ਼ਾਂ, ਜ਼ਿਲ੍ਹਾ ਐਪੀਡੀਮੋਲੋਜਿਸਟ ਅਫਸਰ ਡਾ. ਰਾਘਵ ਗੁਪਤਾ ਦੀ ਰਹਿਨੁਮਾਈ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਬਚਿੱਤਰ ਸਿੰਘ ਦੀ ਅਗਵਾਈ ਹੇਠ ਸਬ ਸੈਂਟਰ ਅਮਰਕੋਟ ਅਧੀਨ ਡਰਾਈ ਡੇ ਮਨਾਇਆ ਗਿਆ।
ਇਸ ਮੌਕੇ ਸਿਹਤ ਵਿਭਾਗ ਦੀ ਟੀਮ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ, ਮਲੇਰੀਆ ਅਤੇ ਹੋਰ ਮੱਛਰਾਂ ਨਾਲ ਫੈਲਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕ ਕੀਤਾ ਗਿਆ। ਟੀਮ ਨੇ ਲੋਕਾਂ ਨੂੰ ਆਪਣੇ ਘਰਾਂ ਦੇ ਆਲੇ-ਦੁਆਲੇ ਪਾਣੀ ਖੜ੍ਹਾ ਨਾ ਹੋਣ ਦੇਣ, ਕੂਲਰਾਂ, ਗਮਲਿਆਂ, ਟਾਇਰਾਂ ਅਤੇ ਹੋਰ ਬਰਤਨਾਂ ਨੂੰ ਹਰ ਹਫ਼ਤੇ ਸਾਫ਼ ਕਰਨ ਅਤੇ ਪਾਣੀ ਵਾਲੇ ਭਾਂਡਿਆਂ ਨੂੰ ਢੱਕ ਕੇ ਰੱਖਣ ਲਈ ਪ੍ਰੇਰਿਤ ਕੀਤਾ।
ਸਿਹਤ ਕਰਮਚਾਰੀਆਂ ਨੇ ਦੱਸਿਆ ਕਿ ਹਰ ਹਫ਼ਤੇ ਮਨਾਏ ਜਾਂਦੇ “ਡਰਾਈ ਡੇ” ਦਾ ਮੁੱਖ ਉਦੇਸ਼ ਮੱਛਰਾਂ ਦੇ ਲਾਰਵੇ ਨੂੰ ਖਤਮ ਕਰਕੇ ਡੇਂਗੂ ਅਤੇ ਮਲੇਰੀਆ ਵਰਗੀਆਂ ਬਿਮਾਰੀਆਂ ਤੋਂ ਲੋਕਾਂ ਦੀ ਸੁਰੱਖਿਆ ਕਰਨਾ ਹੈ। ਉਨ੍ਹਾਂ ਲੋਕਾਂ ਨੂੰ ਆਪਣੇ ਆਲੇ-ਦੁਆਲੇ ਸਫਾਈ ਬਣਾਈ ਰੱਖਣ ਅਤੇ ਬੁਖਾਰ ਆਉਣ ਦੀ ਸਥਿਤੀ ਵਿੱਚ ਤੁਰੰਤ ਸਰਕਾਰੀ ਸਿਹਤ ਕੇਂਦਰ ਨਾਲ ਸੰਪਰਕ ਕਰਨ ਦੀ ਅਪੀਲ ਵੀ ਕੀਤੀ।
ਇਸ ਮੌਕੇ ਐਸ.ਆਈ. ਹਰਜੋਤ ਸਿੰਘ, ਹਰਪ੍ਰੀਤ ਸਿੰਘ ਮੇਲ ਵਰਕਰ, ਪ੍ਰਗਟ ਸਿੰਘ, ਬਲਜਿੰਦਰ ਸਿੰਘ ਅਤੇ ਹੋਰ ਸਿਹਤ ਕਰਮਚਾਰੀ ਹਾਜ਼ਰ ਸਨ।








