13 ਬਟਾਲੀਅਨ ਐਨ.ਸੀ.ਸੀ. ਦੇ ਅਧਿਕਾਰੀਆਂ ਤੇ ਸਕੂਲ ਸਟਾਫ਼ ਨੇ ਬੱਚਿਆਂ ਦੀ ਹੌਸਲਾ-ਅਫ਼ਜ਼ਾਈ ਕਰਦਿਆਂ ਵਾਤਾਵਰਨ ਸੰਭਾਲ ਦਾ ਦਿੱਤਾ ਸੁਨੇਹਾ
ਕੋਟ ਈਸੇ ਖਾਂ, 7 ਅਗਸਤ (ਪ੍ਰਤੀਨਿਧ ਦੇਵਗਿਲ):ਕੈਮਬਰਿਜ ਕਾਨਵੈਂਟ ਸਕੂਲ, ਕੋਟ ਈਸੇ ਖਾਂ ਵਿਖੇ ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ‘ਇੱਕ ਪੇੜ ਮਾਂ ਦੇ ਨਾਮ’ ਮੁਹਿੰਮ ਤਹਿਤ ਵਿਸ਼ੇਸ਼ ਪੌਦੇ ਲਗਾਉਣ ਦਾ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਸਕੂਲ ਦੇ ਐਨ.ਸੀ.ਸੀ. ਕੈਡਿਟਾਂ ਨੇ ਉਤਸ਼ਾਹ ਨਾਲ ਭਾਗ ਲੈਂਦਿਆਂ ਸਕੂਲ ਦੇ ਵੇਹੜੇ ਵਿੱਚ ਵੱਖ-ਵੱਖ ਕਿਸਮਾਂ ਦੇ ਪੌਦੇ ਲਗਾਏ ਅਤੇ ਵਾਤਾਵਰਨ ਨੂੰ ਹਰਿਆ-ਭਰਿਆ ਰੱਖਣ ਦਾ ਸੰਦੇਸ਼ ਦਿੱਤਾ।
ਇਸ ਮੌਕੇ 13 ਬਟਾਲੀਅਨ ਐਨ.ਸੀ.ਸੀ. ਦੇ ਅਧਿਕਾਰੀਆਂ ਅਤੇ ਸਟਾਫ਼ ਵੱਲੋਂ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ ਗਈ। ਐਨ.ਸੀ.ਸੀ. ਅਧਿਕਾਰੀਆਂ ਨੇ ਵਿਦਿਆਰਥੀਆਂ ਨਾਲ ਮਿਲ ਕੇ ਪੌਦੇ ਲਗਾਏ ਅਤੇ ਉਨ੍ਹਾਂ ਨੂੰ ਵਾਤਾਵਰਨ ਦੀ ਸਾਂਭ-ਸੰਭਾਲ ਪ੍ਰਤੀ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਰੁੱਖ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਨਿਯਮਿਤ ਦੇਖਭਾਲ ਕਰਨਾ ਵੀ ਬੇਹੱਦ ਜ਼ਰੂਰੀ ਹੈ।
ਸਕੂਲ ਦੇ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਵੱਲੋਂ ਐਨ.ਸੀ.ਸੀ. ਕੈਡਿਟਾਂ ਦੇ ਇਸ ਸ਼ਲਾਘਾਯੋਗ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਗਈ। ਪ੍ਰਿੰਸੀਪਲ ਸਾਹਿਬ ਨੇ ਵਿਦਿਆਰਥੀਆਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ‘ਇੱਕ ਪੇੜ ਮਾਂ ਦੇ ਨਾਮ’ ਮੁਹਿੰਮ ਸਿਰਫ਼ ਪੌਦਾ ਲਗਾਉਣ ਤੱਕ ਸੀਮਤ ਨਹੀਂ, ਸਗੋਂ ਇਹ ਆਪਣੀ ਮਾਂ ਪ੍ਰਤੀ ਸਤਿਕਾਰ ਅਤੇ ਕੁਦਰਤ ਪ੍ਰਤੀ ਜ਼ਿੰਮੇਵਾਰੀ ਦਾ ਪ੍ਰਤੀਕ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਮਾਂ ਦੇ ਨਾਮ ’ਤੇ ਘੱਟੋ-ਘੱਟ ਇੱਕ ਪੌਦਾ ਜ਼ਰੂਰ ਲਗਾਉਣ ਅਤੇ ਉਸ ਨੂੰ ਪਾਲਣ-ਪੋਸ਼ਣ ਕਰਕੇ ਇੱਕ ਵੱਡੇ ਰੁੱਖ ਦਾ ਰੂਪ ਦੇਣ।
ਇਸ ਦੌਰਾਨ ਐਨ.ਸੀ.ਸੀ. ਕੈਡਿਟਾਂ ਨੇ ਹੋਰਨਾਂ ਵਿਦਿਆਰਥੀਆਂ ਨੂੰ ਵੀ ਵੱਧ ਤੋਂ ਵੱਧ ਪੌਦੇ ਲਗਾਉਣ, ਰੁੱਖਾਂ ਦੀ ਸੰਭਾਲ ਕਰਨ ਅਤੇ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਲਈ ਪ੍ਰੇਰਿਤ ਕੀਤਾ। ਸਕੂਲ ਵਿੱਚ ਕਰਵਾਇਆ ਗਿਆ ਇਹ ਉਪਰਾਲਾ ਵਿਦਿਆਰਥੀਆਂ ਵਿੱਚ ਵਾਤਾਵਰਨ ਪ੍ਰਤੀ ਜਾਗਰੂਕਤਾ ਪੈਦਾ ਕਰਨ ਦੇ ਨਾਲ-ਨਾਲ ਆਉਣ ਵਾਲੀਆਂ ਪੀੜ੍ਹੀਆਂ ਲਈ ਹਰਿਆ-ਭਰਿਆ ਅਤੇ ਸਾਫ਼-ਸੁਥਰਾ ਵਾਤਾਵਰਨ ਸਿਰਜਣ ਵੱਲ ਇੱਕ ਸਾਰਥਕ ਕਦਮ ਸਾਬਤ ਹੋਇਆ।






