ਰੰਡਿਆਲਾ, 21.02.2026(ਪ੍ਰਤੀਨਿਧ ਦੇਵ ਗਿੱਲ): ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਵਰਗੀਆਂ ਖਤਰਨਾਕ ਬਿਮਾਰੀਆਂ ਨੂੰ ਜੜ ਤੋਂ ਖਤਮ ਕਰਨ ਦੇ ਸੰਕਲਪ ਤਹਿਤ ਸਿਹਤ ਵਿਭਾਗ ਵੱਲੋਂ ਪਿੰਡਾਂ ਵਿੱਚ ਵਿਸ਼ੇਸ਼ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਦੌਰਾਨ ਹੈਲਥ ਵੈਲਨੈਸ ਸੈਂਟਰ ਰੰਡਿਆਲਾ ਦੇ ਮਲਟੀ ਪਰਪਜ਼ ਹੈਲਥ ਵਰਕਰ ਸ੍ਰੀ ਰਜੇਸ਼ ਕੁਮਾਰ ਗਾਬਾ ਵੱਲੋਂ ਘਰ-ਘਰ ਜਾ ਕੇ ਲੋਕਾਂ ਨੂੰ ਮੱਛਰਾਂ ਤੋਂ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ।
ਸ੍ਰੀ ਰਜੇਸ਼ ਕੁਮਾਰ ਗਾਬਾ ਨੇ ਲੋਕਾਂ ਨੂੰ ਦੱਸਿਆ ਕਿ ਡੇਂਗੂ ਅਤੇ ਚਿਕਨਗੁਨੀਆ ਦਾ ਮੱਛਰ ਸਾਫ ਪਾਣੀ ਵਿੱਚ ਪੈਦਾ ਹੁੰਦਾ ਹੈ, ਇਸ ਲਈ ਘਰਾਂ ਦੇ ਆਲੇ ਦੁਆਲੇ ਪਾਣੀ ਖੜ੍ਹਾ ਨਾ ਹੋਣ ਦਿੱਤਾ ਜਾਵੇ। ਉਨ੍ਹਾਂ ਲੋਕਾਂ ਨੂੰ ਕੁੱਲਰਾਂ, ਗਮਲਿਆਂ, ਟੈਂਕੀਆਂ ਅਤੇ ਫ਼ਜ਼ੂਲ ਪਏ ਟਾਇਰਾਂ ਵਿੱਚ ਪਾਣੀ ਇਕੱਠਾ ਨਾ ਹੋਣ ਦੇਣ ਅਤੇ ਸਮੇਂ-ਸਮੇਂ ’ਤੇ ਸਫਾਈ ਕਰਨ ਲਈ ਪ੍ਰੇਰਿਤ ਕੀਤਾ।
ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਵੱਲੋਂ ਮੱਛਰਾਂ ਦੇ ਲਾਰਵਾ ਦੀ ਜਾਂਚ ਅਤੇ ਨਸ਼ਟ ਕਰਨ ਲਈ ਨਿਯਮਿਤ ਸਰਵੇ ਕੀਤਾ ਜਾ ਰਿਹਾ ਹੈ ਅਤੇ ਲੋਕਾਂ ਦੀ ਸਿਹਤ ਦੀ ਸੁਰੱਖਿਆ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਇਹ ਵੀ ਅਪੀਲ ਕੀਤੀ ਕਿ ਜੇ ਕਿਸੇ ਨੂੰ ਬੁਖਾਰ ਜਾਂ ਸਰੀਰ ਦਰਦ ਵਰਗੇ ਲੱਛਣ ਦਿਖਾਈ ਦੇਣ ਤਾਂ ਤੁਰੰਤ ਨੇੜਲੇ ਸਿਹਤ ਕੇਂਦਰ ਨਾਲ ਸੰਪਰਕ ਕੀਤਾ ਜਾਵੇ।
ਪਿੰਡ ਵਾਸੀਆਂ ਨੇ ਸਿਹਤ ਵਿਭਾਗ ਦੀ ਇਸ ਮੁਹਿੰਮ ਦੀ ਸਰਾਹਨਾ ਕਰਦਿਆਂ ਕਿਹਾ ਕਿ ਇਸ ਤਰ੍ਹਾਂ ਦੀ ਘਰ-ਘਰ ਜਾਗਰੂਕਤਾ ਨਾਲ ਲੋਕਾਂ ਵਿੱਚ ਬਿਮਾਰੀਆਂ ਤੋਂ ਬਚਾਅ ਲਈ ਜਾਗਰੂਕਤਾ ਵਧਦੀ ਹੈ। ਸਿਹਤ ਵਿਭਾਗ ਨੇ ਲੋਕਾਂ ਨੂੰ ਸਫਾਈ ਬਣਾਈ ਰੱਖਣ ਅਤੇ ਮੱਛਰਾਂ ਦੀ ਪੈਦਾਵਾਰ ਨੂੰ ਰੋਕਣ ਲਈ ਸਹਿਯੋਗ ਕਰਨ ਦੀ ਅਪੀਲ ਕੀਤੀ।








