ਦੇਵ ਗਿੱਲ | ਮਿਤੀ: 15 ਅਪ੍ਰੈਲ 2026 ਮੋਗਾ ਜ਼ਿਲ੍ਹੇ ਦੇ ਧਰਮਕੋਟ ਇਲਾਕੇ ‘ਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਦਿਨ ਦਿਹਾੜੇ ਇਕ ਵਿਅਕਤੀ ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੈਰੀ ਵਜੋਂ ਹੋਈ ਹੈ, ਜੋ “ਗੈਰੀ ਕਲੈਕਸ਼ਨ” ਦੇ ਨਾਮ ‘ਤੇ ਕੱਪੜਿਆਂ ਦੀ ਦੁਕਾਨ ਚਲਾਉਂਦਾ ਸੀ।
ਮਿਲੀ ਜਾਣਕਾਰੀ ਅਨੁਸਾਰ ਗੁਰਪ੍ਰੀਤ ਸਿੰਘ ਘਰੋਂ ਇਹ ਕਹਿ ਕੇ ਨਿਕਲਿਆ ਸੀ ਕਿ ਉਹ ਆਪਣੀ ਕਾਰ ਧੁਲਵਾਉਣ ਜਾ ਰਿਹਾ ਹੈ, ਪਰ ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਜਦੋਂ ਉਹ ਵਾਪਸ ਨਹੀਂ ਆਇਆ ਤਾਂ ਪਰਿਵਾਰ ਨੂੰ ਚਿੰਤਾ ਹੋਈ। ਫੋਨ ਕਰਨ ‘ਤੇ ਵੀ ਕੋਈ ਜਵਾਬ ਨਾ ਮਿਲਣ ਕਾਰਨ ਪਰਿਵਾਰ ਵੱਲੋਂ ਉਸਦੀ ਭਾਲ ਸ਼ੁਰੂ ਕੀਤੀ ਗਈ।
ਬਾਅਦ ‘ਚ ਉਸਦਾ ਸ਼ਰੀਰ ਸਕਾਰਪੀਓ ਗੱਡੀ ਵਿੱਚ ਲਹੂ-ਲੁਹਾਨ ਹਾਲਤ ਵਿੱਚ ਮਿਲਿਆ। ਉਸਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਮੌਕੇ ‘ਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਦਿਨ ਦਿਹਾੜੇ ਹੋਈ ਇਸ ਵਾਰਦਾਤ ਨਾਲ ਇਲਾਕੇ ‘ਚ ਸਹਿਮ ਦਾ ਮਾਹੌਲ ਬਣ ਗਿਆ ਹੈ ਅਤੇ ਲੋਕਾਂ ਵਿਚ ਡਰ ਦਾ ਮਾਹੌਲ ਹੈ।
ਪੁਲਸ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਦੋਸ਼ੀਆਂ ਨੂੰ ਜਲਦ ਕਾਬੂ ਕਰ ਲਿਆ ਜਾਵੇਗਾ ਅਤੇ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ।







