ਅੰਮ੍ਰਿਤਸਰ/ਟਾਂਡਾ ਉੜਮੁੜ, 11 ਅਪ੍ਰੈਲ (ਦੇਵ ਗਿੱਲ):
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉੱਤਰ ਪ੍ਰਦੇਸ਼ ਦੇ ਮਥੁਰਾ ਜ਼ਿਲ੍ਹੇ ਦੇ ਵ੍ਰਿੰਦਾਵਨ ਵਿਖੇ ਯਮੁਨਾ ਦਰਿਆ ਵਿੱਚ ਵਾਪਰੇ ਭਿਆਨਕ ਕਿਸ਼ਤੀ ਹਾਦਸੇ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਉਨ੍ਹਾਂ ਆਪਣੇ ਬਿਆਨ ਵਿੱਚ ਕਿਹਾ ਕਿ ਇਹ ਹਾਦਸਾ ਬਹੁਤ ਹੀ ਦੁਖਦਾਈ ਹੈ, ਜਿਸ ਕਾਰਨ ਕਈ ਪਰਿਵਾਰਾਂ ਨੇ ਆਪਣੇ ਪਿਆਰੇ ਸਦਾ ਲਈ ਗੁਆ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ SGPC ਪੂਰੀ ਤਰ੍ਹਾਂ ਪੀੜਤ ਪਰਿਵਾਰਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੇ ਦੁੱਖ ਵਿੱਚ ਸਾਂਝੀਦਾਰ ਹੈ।
ਧਾਮੀ ਨੇ ਵਾਹਿਗੁਰੂ ਅੱਗੇ ਅਰਦਾਸ ਕੀਤੀ ਕਿ ਹਾਦਸੇ ਵਿੱਚ ਜਾਨਾਂ ਗੁਆਉਣ ਵਾਲੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖ਼ਸ਼ੇ ਅਤੇ ਪਿੱਛੇ ਰਹਿ ਗਏ ਪਰਿਵਾਰਾਂ ਨੂੰ ਇਸ ਅਸਹਿਣਯੋਗ ਦੁੱਖ ਨੂੰ ਸਹਿਣ ਦਾ ਹੌਸਲਾ ਪ੍ਰਦਾਨ ਕਰੇ।
ਉਨ੍ਹਾਂ ਇਹ ਵੀ ਦੱਸਿਆ ਕਿ SGPC ਵੱਲੋਂ ਮਥੁਰਾ ਵਿੱਚ ਸਥਿਤ ਗੁਰਦੁਆਰਾ ਸਾਹਿਬ ਰਾਹੀਂ ਪੀੜਤਾਂ ਦੀ ਮਦਦ ਲਈ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਜ਼ਰੂਰਤ ਪੈਣ ’ਤੇ ਤੁਰੰਤ ਸਹਾਇਤਾ ਮੁਹੱਈਆ ਕਰਵਾਈ ਜਾ ਸਕੇ।
ਗੌਰਤਲਬ ਹੈ ਕਿ ਮਥੁਰਾ ਦੇ ਵ੍ਰਿੰਦਾਵਨ ਵਿਖੇ ਯਮੁਨਾ ਦਰਿਆ ਵਿੱਚ ਇੱਕ ਕਿਸ਼ਤੀ ਪਲਟਣ ਕਾਰਨ ਕਈ ਸ਼ਰਧਾਲੂਆਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਲੋਕ ਜਖ਼ਮੀ ਹੋਏ ਹਨ ਅਤੇ ਬਚਾਅ ਕਾਰਜ ਜਾਰੀ ਹੈ







