ਅਮਰਕੋਟ, 17 ਮਈ ਪ੍ਰਤੀਨਿਧਿ ਦੇਵ ਗਿੱਲ ਸਿਵਲ ਸਰਜਨ ਡਾ. ਗੁਰਪ੍ਰੀਤ ਰਾਏ ਜੀ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਅਫਸਰ ਡਾ. ਰਾਘਵ ਗੁਪਤਾ ਜੀ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੀਨੀਅਰ ਮੈਡੀਕਲ ਅਫਸਰ ਡਾ. ਬਚਿੱਤਰ ਸਿੰਘ ਜੀ ਦੀ ਰਹਿਨੁਮਾਈ ਵਿੱਚ ਦਾਣਾ ਮੰਡੀ ਅਮਰਕੋਟ ਵਿਖੇ ਵਿਸ਼ਵ ਡੇਂਗੂ ਦਿਵਸ ਮਨਾਇਆ ਗਿਆ। ਇਸ ਮੌਕੇ ਸਿਹਤ ਵਿਭਾਗ ਦੀ ਟੀਮ ਵੱਲੋਂ ਲੋਕਾਂ ਨੂੰ ਡੇਂਗੂ ਬਿਮਾਰੀ ਤੋਂ ਬਚਾਅ ਲਈ ਵਿਸਥਾਰ ਨਾਲ ਜਾਗਰੂਕ ਕੀਤਾ ਗਿਆ।
ਇਸ ਦੌਰਾਨ ਹੈਲਥ ਸੁਪਰਵਾਈਜ਼ਰ ਹਰਜੋਤ ਸਿੰਘ ਵੱਲੋਂ ਲੋਕਾਂ ਨੂੰ ਸੰਬੋਧਨ ਕਰਦਿਆਂ ਦੱਸਿਆ ਗਿਆ ਕਿ ਡੇਂਗੂ ਮੱਛਰ ਸਾਫ ਅਤੇ ਖੜ੍ਹੇ ਪਾਣੀ ਵਿੱਚ ਪੈਦਾ ਹੁੰਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਘਰਾਂ ਦੇ ਆਲੇ-ਦੁਆਲੇ ਪਾਣੀ ਇਕੱਠਾ ਨਾ ਹੋਣ ਦਿੱਤਾ ਜਾਵੇ ਅਤੇ ਕੂਲਰਾਂ, ਗਮਲਿਆਂ, ਟਾਇਰਾਂ ਅਤੇ ਫਰਿੱਜ ਦੀਆਂ ਟਰੇਆਂ ਦੀ ਹਫ਼ਤੇ ਵਿੱਚ ਇੱਕ ਵਾਰ ਸਫਾਈ ਜ਼ਰੂਰ ਕੀਤੀ ਜਾਵੇ।
ਉਨ੍ਹਾਂ ਕਿਹਾ ਕਿ ਬੁਖਾਰ, ਸਰੀਰ ਦਰਦ, ਅੱਖਾਂ ਦੇ ਪਿੱਛੇ ਦਰਦ ਜਾਂ ਚਮੜੀ ਉੱਤੇ ਦਾਨੇ ਨਜ਼ਰ ਆਉਣ ’ਤੇ ਤੁਰੰਤ ਸਰਕਾਰੀ ਸਿਹਤ ਕੇਂਦਰ ਵਿੱਚ ਜਾਂਚ ਕਰਵਾਈ ਜਾਵੇ। ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਪੂਰੀ ਬਾਂਹਾਂ ਵਾਲੇ ਕੱਪੜੇ ਪਹਿਨਣ, ਮੱਛਰਦਾਨੀ ਦੀ ਵਰਤੋਂ ਕਰਨ ਅਤੇ ਆਪਣੇ ਆਸ-ਪਾਸ ਸਫਾਈ ਰੱਖਣ ਲਈ ਵੀ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਐਸ.ਆਈ. ਹਰਜੋਤ ਸਿੰਘ, ਹਰਪ੍ਰੀਤ ਸਿੰਘ, ਮੇਲ ਵਰਕਰ ਪ੍ਰਗਟ ਸਿੰਘ, ਬਲਜਿੰਦਰ ਸਿੰਘ ਅਤੇ ਹੋਰ ਸਟਾਫ ਮੈਂਬਰ ਹਾਜ਼ਰ ਸਨ।






